ਜਲੰਧਰ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ: 729658 ਵੋਟਰ ਕਰਨਗੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ, ਸ਼ਨੀਵਾਰ ਸਵੇਰੇ 7 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ

ਵੋਟਰ ਬਿਨਾਂ ਕਿਸੇ ਡਰ ਤੇ ਭੈਅ ਤੋਂ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ, 2916 ਮੁਲਾਜ਼ਮ ਨਿਭਾਉਣਗੇ ਚੋਣ ਡਿਊਟੀ, 3404 ਪੁਲਿਸ ਮੁਲਾਜ਼ਮ ਸੁਰੱਖਿਆ ਲਈ ਤਾਇਨਾ : ਤਜ਼ਿਲ੍ਹਾ ਚੋਣ ਅਫ਼ਸਰ

ਜਲੰਧਰ (ਰੋਜ਼ਾਨਾ ਭਾਸਕਰ) : ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸ਼ਨੀਵਾਰ ਨੂੰ 729658 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਵੋਟਾਂ ਸ਼ਨੀਵਾਰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਪੈਣ ਤੋਂ ਬਾਅਦ ਪੋਲਿੰਗ ਸਟੇਸ਼ਨਾਂ ’ਤੇ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਉਨ੍ਹਾਂ ਵੋਟਰਾਂ ਨੂੰ ਇਨ੍ਹਾਂ ਚੋਣਾਂ ਵਿੱਚ ਬਿਨਾਂ ਕਿਸੇ ਡਰ ਤੇ ਭੈਅ ਤੋਂ ਵਧ-ਚੜ੍ਹ ਕੇ ਭਾਗ ਲੈਂਦਿਆਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

ਚੋਣ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜਲੰਧਰ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਕੁੱਲ 729 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ ਨਗਰ ਨਿਗਮ ਜਲੰਧਰ ਦੇ 85 ਵਾਰਡਾਂ ਲਈ 677 ਪੋਲਿੰਗ ਬੂਥਾਂ ਤੋਂ ਇਲਾਵਾ ਨਗਰ ਕੌਂਸਲ ਭੋਗਪੁਰ, ਨਗਰ ਕੌਂਸਲ ਗੁਰਾਇਆ ਅਤੇ ਨਗਰ ਕੌਂਸਲ ਫਿਲੌਰ ਦੇ ਇਕ ਵਾਰਡ ਲਈ ਕੁੱਲ 27 ਅਤੇ ਨਗਰ ਪੰਚਾਇਤ ਬਿਲਗਾ, ਨਗਰ ਪੰਚਾਇਤ ਸ਼ਾਹਕੋਟ ਅਤੇ ਨਗਰ ਪੰਚਾਇਤ ਮਹਿਤਪੁਰ ਦੇ ਇਕ ਵਾਰਡ ਲਈ ਕੁੱਲ 25 ਪੋਲਿੰਗ ਬੂਥ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਬਿਲਗਾ ਦੇ 2 ਵਾਰਡਾਂ (ਵਾਰਡ ਨੰ.1 ਤੇ 3) ਵਿੱਚ ਪਹਿਲਾਂ ਹੀ ਸਰਬਸੰਮਤੀ ਹੋ ਚੁੱਕੀ ਹੈ।

ਵੋਟਰਾਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 354159 ਪੁਰਸ਼, 329188 ਮਹਿਲਾ ਤੇ 20 ਹੋਰਨਾਂ ਸਮੇਤ ਜਲੰਧਰ ਸ਼ਹਿਰ ਵਿੱਚ ਕੁੱਲ 683367 ਵੋਟਰ ਹਨ ਜਦਕਿ ਨਗਰ ਕੌਂਸਲ ਭੋਗਪੁਰ, ਗੁਰਾਇਆਂ ਅਤੇ ਫਿਲੌਰ ਲਈ 24504 ਅਤੇ ਨਗਰ ਪੰਚਾਇਤ ਬਿਲਗਾ, ਸ਼ਾਹਕੋਟ ਅਤੇ ਮਹਿਤਪੁਰ ਲਈ 21787 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।

ਉਨ੍ਹਾਂ ਕਿਹਾ ਕਿ ਸਮੁੱਚੇ ਚੋਣ ਅਮਲ ਨੂੰ ਆਜ਼ਾਦ, ਨਿਰਪੱਖ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ 2916 ਮੁਲਾਜ਼ਮ ਚੋਣ ਡਿਊਟੀ ’ਤੇ ਤਾਇਨਾਤ ਕੀਤੇ ਗਏ, ਜਿਨ੍ਹਾਂ ਵਿੱਚੋਂ 2708 ਕਰਮਚਾਰੀ ਨਗਰ ਨਿਗਮ ਜਲੰਧਰ ਅਤੇ 208 ਮੁਲਾਜ਼ਮ ਨਗਰ ਕੌਂਸਲ ਭੋਗਪੁਰ, ਗੁਰਾਇਆ, ਫਿਲੌਰ ਅਤੇ ਨਗਰ ਪੰਚਾਇਤ ਬਿਲਗਾ, ਸ਼ਾਹਕੋਟ ਅਤੇ ਮਹਿਤਪੁਰ ਦੀਆਂ ਚੋਣਾਂ ਦੌਰਾਨ ਡਿਊਟੀ ਨਿਭਾਉਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣਾਂ ਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ 3404 ਮੁਲਾਜ਼ਮ ਤਾਇਨਾਤ ਹੋਣਗੇ, ਜਿਨ੍ਹਾਂ ਵਿੱਚ ਨਗਰ ਨਿਗਮ ਚੋਣਾਂ ਲਈ 2469 ਅਤੇ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ 935 ਮੁਲਾਜ਼ਮ ਸ਼ਾਮਲ ਹਨ।

ਚੋਣਾਂ ਵਾਲੇ ਦਿਨ 21 ਦਸੰਬਰ ਨੂੰ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਚਾਰ ਕਰਨ ’ਤੇ ਪਾਬੰਦੀ

ਜ਼ਿਲ੍ਹਾ ਜਲੰਧਰ ਦੇ ਅਧਿਕਾਰ ਖੇਤਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਨਗਰ ਨਿਗਮ/ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਆਜ਼ਾਦ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬੀ.ਐਨ.ਐਨ.ਐਸ., 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਗਏ ਹਨ ਕਿ ਕੋਈ ਵੀ ਸਿਆਸੀ ਪਾਰਟੀ ਚੋਣਾਂ ਵਾਲੇ ਦਿਨ 21 ਦਸੰਬਰ 2024 ਨੂੰ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਵਿੱਚ ਪ੍ਰਚਾਰ ਨਹੀਂ ਕਰੇਗੀ।

ਚੋਣਾਂ ਵਾਲੇ ਦਿਨ 21 ਦਸੰਬਰ ਨੂੰ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ

ਨਗਰ ਨਿਗਮ/ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 (ਸੀ) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੀ ਹੱਦ ਵਿੱਚ ਆਉਂਦੇ ਸ਼ਰਾਬ ਦੇ ਠੇਕੇ ਚੋਣਾਂ ਵਾਲੇ ਦਿਨ 21 ਦਸੰਬਰ 2024 ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

 

ਹੁਕਮਾਂ ਅਨੁਸਾਰ ਉਕਤ ਮਿਤੀ ਨੂੰ ਜ਼ਿਲ੍ਹਾ ਜਲੰਧਰ ਵਿੱਚ ਸ਼ਰਾਬ ਦੇ ਠੇਕੇ ਅਤੇ ਅਹਾਤੇ ਨਹੀਂ ਖੱਲ੍ਹਣਗੇ ਅਤੇ ਨਾ ਹੀ ਹੋਟਲਾਂ, ਰੈਸਟੋਰੈਂਟਾ ਜਾਂ ਕਲੱਬਾਂ ਵਿੱਚ ਸ਼ਰਾਬ ਵਰਤਾਈ ਜਾਵੇਗੀ ਅਤੇ ਨਾ ਹੀ ਕੋਈ ਵਿਅਕਤੀ ਸ਼ਰਾਬ ਦੀ ਸਟੋਰੇਜ ਕਰੇਗਾ।