ਜਲੰਧਰ ਦਿਹਾਤੀ ਪੁਲਿਸ ਵਲੋਂ ਬਸੰਤ ‘ਤੇ ਚਾਈਨਾ ਡੋਰ ਖਿਲਾਫ ਸਖ਼ਤ ਚੇਤਾਵਨੀ, ਉਲੰਘਣਾ ਕਰਨ ਵਾਲਿਆਂ ਵਿਰੁੱਧ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਹੋਵੇਗਾ : ਐਸਐਸਪੀ ਖੱਖ
ਡੋਰ ਤੇ ਪਤੰਗ ਵੇਚਣ ਵਾਲੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ, ਅਖ਼ਬਾਰਾਂ ਰਾਹੀਂ ਘਰਾਂ ’ਚ ਜਾਗਰੂਕਤਾ ਪੈਂਫਲੈੱਟ ਪਹੁੰਚਾਏ
ਜਲੰਧਰ (ਰੋਜ਼ਾਨਾ ਭਾਸਕਰ): ਖੇਤਰੀ ਦਫ਼ਤਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਚਾਇਨਾ ਡੋਰ ਦੀ ਵਿਕਰੀ, ਵਰਤੋਂ ਅਤੇ ਭੰਡਾਰਨ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਤਹਿਤ ਸ਼ਹਿਰ ਵਿੱਚ ਡੋਰ ਤੇ ਪਤੰਗ ਵੇਚਣ ਵਾਲੇ ਦੁਕਾਨਦਾਰਾਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਤੋਂ ਇਲਾਵਾ ਲੋਕਾਂ ਨੂੰ ਚਾਇਨਾ ਡੋਰ ਦੀ ਵਰਤੋਂ ਦੇ ਖਤਰਿਆਂ ਬਾਰੇ ਜਾਗੂਰਕ ਵੀ ਕੀਤਾ ਗਿਆ।
ਪੀ.ਪੀ.ਸੀ.ਬੀ. ਜਲੰਧਰ ਦੇ ਐਕਸੀਅਨ ਇੰਜ. ਸੰਦੀਪ ਕੁਮਾਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਸੰਤ ਪੰਚਮੀ ਦੇ ਤਿਉਹਾਰ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜਲੰਧਰ ਵਿੱਚ ਪਾਬੰਦੀਸ਼ੁਦਾ ਚਾਇਨਾ ਡੋਰ ਦੀ ਵਿਕਰੀ, ਭੰਡਾਰਨ ਅਤੇ ਵਰਤੋਂ ਖਿਲਾਫ਼ ਚਲਾਈ ਗਈ ਇਸ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਜਲੰਧਰ ਸ਼ਹਿਰ ਵਿਖੇ ਡੋਰ ਤੇ ਪਤੰਗ ਵੇਚਣ ਵਾਲੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ, ਜਿਸ ਦੌਰਾਨ ਦੁਕਾਨਦਾਰ ਸਿਰਫ਼ ਸੂਤੀ ਧਾਗੇ ਦੀ ਡੋਰ ਵੇਚਦੇ ਪਾਏ ਗਏ।
ਉਨ੍ਹਾਂ ਅੱਗੇ ਦੱਸਿਆ ਕਿ ਲੋਕਾਂ ਨੂੰ ਪਾਬੰਦੀਸ਼ੁਦਾ ਚਾਇਨਾ ਡੋਰ ਦੇ ਖਤਰਿਆਂ ਤੋਂ ਜਾਣੂ ਕਰਵਾਉਣ ਲਈ ਦਫ਼ਤਰ ਵੱਲੋਂ ਪ੍ਰਮੁੱਖ ਅਖ਼ਬਾਰਾਂ ਦੇ ਵੈਂਡਰਾਂ ਜ਼ਰੀਏ ਸਵੇਰ ਸਮੇਂ ਪੈਂਫਲੈੱਟਾਂ ਦੀ ਵੰਡ ਕਰਨ ਤੋਂ ਇਲਾਵਾ ਜਲੰਧਰ ਸ਼ਹਿਰ, ਕਰਤਾਰਪੁਰ, ਭੋਗਪੁਰ ਅਤੇ ਆਦਮਪੁਰ ਵਿਖੇ ਪ੍ਰਮੁੱਖ ਸਥਾਨਾਂ ਖਾਸ ਕਰ ਸਕੂਲਾਂ ਨੇੜੇ ਅਜਿਹੇ ਜਾਗਰੂਕਤਾ ਪੈਂਫਲੈੱਟ ਚਿਪਕਾਏ ਵੀ ਗਏ। ਉਨ੍ਹਾਂ ਦੱਸਿਆ ਕਿ ਚਾਇਨਾ ਡੋਰ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਵਿੱਚ ਵਿਸ਼ੇਸ਼ ਭਾਸ਼ਣ ਵੀ ਕਰਵਾਏ ਗਏ ਤਾਂ ਜੋ ਵਿਦਿਆਰਥੀਆਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਸਕੇ।
ਐਕਸੀਅਨ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਚਾਇਨਾ ਡੋਰ ਦੀ ਵਿਕਰੀ, ਖ਼ਰੀਦ, ਨਿਰਮਾਣ, ਭੰਡਾਰਨ ਅਤੇ ਵਰਤੋਂ ’ਤੇ ਮੁਕੰਮਲ ਪਾਬੰਦੀ ਲਗਾਈ ਹੋਈ ਹੈ। ਇਸ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਵਾਤਾਵਰਣ ਸੁਰੱਖਿਆ ਐਕਟ ਦੀ ਧਾਰਾ 15 ਤਹਿਤ ਮੁਕੱਦਮਾ ਚਲਾਇਆ ਜਾਵੇਗਾ, ਜਿਸ ਤਹਿਤ 5 ਸਾਲ ਤੱਕ ਦੀ ਕੈਦ, ਇਕ ਲੱਖ ਰੁਪਏ ਜੁਰਮਾਨਾ ਜਾਂ ਦੋਵੇਂ ਵੀ ਹੋ ਸਕਦੇ ਹਨ।
ਜਲੰਧਰ ਦਿਹਾਤੀ ‘ਚ ਛਾਪੇਮਾਰੀ ਕਰਨ ਲਈ ਵਿਸ਼ੇਸ਼ ਟੀਮਾਂ ਗਠਿਤ
ਜਲੰਧਰ। ਬਸੰਤ ਪੰਚਮੀ ਤੋਂ ਪਹਿਲਾਂ ਜਲੰਧਰ ਦਿਹਾਤੀ ਪੁਲਿਸ ਨੇ ਚੀਨੀ ਡੋਰ (ਸਿੰਥੈਟਿਕ ਮਾਂਝਾ) ਦੀ ਵਰਤੋਂ ਕਰਨ ਜਾਂ ਵੇਚਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ।ਜਲੰਧਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਅੱਜ ਐਲਾਨ ਕੀਤਾ ਹੈ ਕਿ ਇਸ ਘਾਤਕ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਵਿਸ਼ੇਸ਼ ਪੁਲਿਸ ਟੀਮਾਂ ਜ਼ਿਲ੍ਹੇ ਭਰ ਵਿੱਚ ਛਾਪੇਮਾਰੀ ਕਰਨਗੀਆਂ। ਉਨ੍ਹਾਂ ਕਿਹਾ ਕਿ ਪਾਬੰਦੀ ਲੱਗਣ ਦੇ ਬਾਵਜੂਦ, ਕੁਝ ਲੋਕ ਚੀਨੀ ਡੋਰ ਵੇਚਣਾ ਅਤੇ ਵਰਤੋਂ ਕਰਨਾ ਜਾਰੀ ਰੱਖਦੇ ਹਨ, ਜਿਸ ਨਾਲ ਮਾਸੂਮ ਜਾਨਾਂ ਨੂੰ ਜੋਖਮ ਵਿੱਚ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਅਪਰਾਧੀਆਂ ਖਿਲਾਫ ਕਤਲ ਦੀ ਕੋਸ਼ਿਸ਼ ਸਮੇਤ ਗੈਰ-ਜ਼ਮਾਨਤੀ ਧਾਰਾਵਾਂ ਅਧੀਨ ਮੁੱਕਦਮਾ ਦਰਜ ਕੀਤਾ ਜਾਵੇਗਾ।
ਐਸਐਸਪੀ ਖੱਖ ਨੇ ਕਿਹਾ ਕਿ ਚੀਨੀ ਡੋਰ ਦੀ ਵਰਤੋਂ ਨਾਲ ਪਹਿਲਾਂ ਵੀ ਕਈ ਘਾਤਕ ਹਾਦਸੇ ਵਾਪਰ ਚੁੱਕੇ ਹਨ। ਇਹ ਸਿੰਥੈਟਿਕ ਡੋਰ ਇੱਕ ਹਥਿਆਰ ਵਾਂਗ ਹੀ ਖ਼ਤਰਨਾਕ ਹੈ। ਇਸ ਨੇ ਕਈ ਜਾਨਾਂ ਲਈਆਂ ਹਨ ਅਤੇ ਕਈਆ ਦੇ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਵਲੋਂ ਤਿਓਹਾਰਾਂ ਦੇ ਜਸ਼ਨ ਮਨਾਉਣ ਲਈ ਅਜਿਹੇ ਖ਼ਤਰਿਆਂ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਉਨ੍ਹਾਂ ਦੱਸਿਆ ਕਿ ਐਸਪੀ ਅਤੇ ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਵਿਸ਼ੇਸ਼ ਟੀਮਾਂ ਜਲੰਧਰ ਦਿਹਾਤੀ ਦੇ ਸਾਰੇ ਸਬ ਡਿਵੀਜ਼ਨਾਂ ਵਿੱਚ ਬਾਜ਼ਾਰਾਂ ਅਤੇ ਪਤੰਗਬਾਜ਼ੀ ਵਾਲੇ ਖੇਤਰਾਂ ਵਿੱਚ ਗਸ਼ਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਪੁਲਿਸ ਥਾਣਿਆਂ ਨੂੰ ਆਪਣੇ ਖੇਤਰਾਂ ਵਿੱਚ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਚੀਨੀ ਡੋਰ ਵੇਚਦੇ ਪਾਏ ਜਾਣ ਵਾਲੇ ਦੁਕਾਨਦਾਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਟਾਕ ਨੂੰ ਜ਼ਬਤ ਕੀਤਾ ਜਾਵੇਗਾ।
ਐਸਐਸਪੀ ਖੱਖ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਬੱਚੇ ਪਤੰਗ ਉਡਾਉਣ ਲਈ ਸਿਰਫ਼ ਰਵਾਇਤੀ ਸੂਤੀ ਡੋਰ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਹਰ ਕੋਈ ਬਸੰਤ ਪੰਚਮੀ ਦਾ ਆਨੰਦ ਮਾਣੇ, ਪਰ ਮਨੁੱਖੀ ਜਾਨਾਂ ਦੀ ਕੀਮਤ ‘ਤੇ ਨਹੀਂ। ਜੋ ਲੋਕ ਇਨ੍ਹਾਂ ਨਿਰਦੇਸ਼ਾਂ ਦੀ ਉਲੰਘਣਾ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।
ਐਸ.ਐਸ.ਪੀ. ਖੱਖ ਨੇ ਕਿਹਾ ਕਿ ਪੁਲਿਸ ਨੇ ਉਲੰਘਣਾਵਾਂ ਦੀ ਨਿਗਰਾਨੀ ਲਈ ਇੱਕ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਨਾਗਰਿਕ ਚੀਨੀ ਡੋਰ ਬਾਰੇ ਕਿਸੇ ਵੀ ਜਾਣਕਾਰੀ ਦੀ ਸੂਚਨਾ 24 ਘੰਟੇ ਲਈ ਸਥਾਪਿਤ ਕੰਟਰੋਲ ਰੂਮ ਦੇ ਹੈਲਪਲਾਈਨ ਨੰਬਰ 112 ਜਾਂ ਨੇੜਲੇ ਪੁਲਿਸ ਸਟੇਸ਼ਨ ਰਾਹੀਂ ਦੇ ਸਕਦੇ ਹਨ।