ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਸਮੁੱਚੀ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ
ਜਲੰਧਰ, ਰੋਜ਼ਾਨਾ ਭਾਸਕਰ ਬਿਊਰੋ: ਆਮ ਆਦਮੀ ਪਾਰਟੀ ਦੇ ਜਲੰਧਰ ਨਾਰਥ ਤੋਂ ਹਲਕਾ ਇੰਚਾਰਜ ਅਤੇ ਮੇਅਰ ਵਿਨੀਤ ਧੀਰ ਨੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਛਾਉਣੀ ਨਿਹੰਗ ਸਿੰਘਾਂ, ਸੋਡਲ, ਜਲੰਧਰ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿੱਚ ਆਪਣੀ ਪਤਨੀ ਸ਼ਵੇਤਾ ਧੀਰ ਸਮੇਤ ਸ਼ਰਧਾ ਅਤੇ ਸਤਿਕਾਰ ਨਾਲ ਸ਼ਮੂਲੀਅਤ ਕੀਤੀ।

ਇਸ ਮੌਕੇ ਦੋਵਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਸਮੁੱਚੀ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਇਸ ਮੌਕੇ ਮੇਅਰ ਵਿਨੀਤ ਧੀਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਸਮੁੱਚੀ ਮਨੁੱਖਤਾ ਨੂੰ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਮਹਾਨ ਸੰਦੇਸ਼ ਦਿੱਤਾ। ਗੁਰੂ ਸਾਹਿਬ ਨੇ ਜਾਤ-ਪਾਤ, ਊਚ-ਨੀਚ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦਾ ਮਾਰਗ ਦਿਖਾਇਆ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਆਪਸੀ ਪਿਆਰ, ਸਦਭਾਵਨਾ ਅਤੇ ਏਕਤਾ ਦੇ ਰਾਹ ‘ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ।
ਵਿਨੀਤ ਧੀਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਾਨੂੰ ਉਨ੍ਹਾਂ ਦੇ ਮਹਾਨ ਫਲਸਫ਼ੇ ਅਤੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੰਦਾ ਹੈ।
ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ‘ਤੇ ਚੱਲਦਿਆਂ ਸਮਾਜ ਵਿੱਚ ਪਿਆਰ, ਸ਼ਾਂਤੀ, ਆਪਸੀ ਸਾਂਝ ਅਤੇ ਭਾਈਚਾਰਕ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ।
ਉਨ੍ਹਾਂ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਸਮੁੱਚੀ ਮਨੁੱਖਤਾ ਦੀ ਭਲਾਈ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।














