ਰੈਸਟੋਰੈਂਟ, ਕਲੱਬ ਤੇ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਰਾਤ 12 ਵਜੇ ਤੱਕ ਮੁਕੰਮਲ ਬੰਦ ਕਰਨ ਦੇ ਹੁਕਮ

ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ, ਫੋਟੋ/ਵੀਡੀਓ ਕਲਿੱਪ ਬਣਾ ਕੇ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ’ਤੇ ਪਾਬੰਦੀ

ਜਲੰਧਰ, रोजाना भास्कर (हरीश शर्मा): ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਵਲੋਂ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਅਧਿਕਾਰ ਖੇਤਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਮੂਹ ਰੈਸਟੋਰੈਂਟ, ਕਲੱਬ ਅਤੇ ਹੋਰ ਅਜਿਹੀਆਂ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਅੱਧੀ ਰਾਤ 12 ਵਜੇ ਤੱਕ ਮੁਕੰਮਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।


ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਕਮਿਸ਼ਨਰੇਟ ਦੀ ਹੱਦ ਅੰਦਰ ਕਿਸੇ ਵੀ ਰੈਸਟੋਰੈਂਟ, ਕਲੱਬ ਜਾਂ ਹੋਰ ਖਾਣ-ਪੀਣ ਵਾਲੀਆਂ ਥਾਵਾਂ ਵਿੱਚ ਰਾਤ 11:30 ਵਜੇ ਤੋਂ ਬਾਅਦ ਭੋਜਨ, ਪੀਣ ਵਾਲੇ ਪਦਾਰਥ ਆਦਿ ਦਾ ਕੋਈ ਆਰਡਰ ਨਹੀਂ ਲਿਆ ਜਾਵੇਗਾ ਅਤੇ ਨਾ ਹੀ ਕਿਸੇ ਵੀ ਨਵੇਂ ਗਾਹਕ ਨੂੰ ਰਾਤ 11:30 ਤੋਂ ਬਾਅਦ ਰੈਸਟੋਰੈਂਟਾਂ, ਕਲੱਬਾਂ ਜਾਂ ਹੋਰ ਖਾਣ-ਪੀਣ ਵਾਲੀ ਥਾਵਾਂ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਹੋਵੇਗੀ। ਸ਼ਰਾਬ ਦੀਆਂ ਦੁਕਾਨਾਂ ਨਾਲ ਲੱਗਦੇ ਅਹਾਤੇ ਰਾਤ 12 ਵਜੇ ਜਾਂ ਲਾਇਸੈਂਸ ਦੀਆਂ ਸ਼ਰਤਾਂ ਅਨੁਸਾਰ ਮੁਕੰਮਲ ਬੰਦ ਹੋ ਜਾਣੇ ਚਾਹੀਦੇ ਹਨ।

ਹੁਕਮਾਂ ਵਿੱਚ ਸਾਰੀਆਂ ਸੰਸਥਾਵਾਂ ਨੂੰ ਆਵਾਜ਼ ਦਾ ਪੱਧਰ 10 ਡੀ.ਬੀ. (ਏ) ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਡੀ.ਜੇ., ਲਾਈਵ ਆਰਕੈਸਟਰਾ/ਸਿੰਗਰ ਸਮੇਤ ਆਵਾਜ਼ ਪੈਦਾ ਕਰਨ ਵਾਲੇ ਸਾਰੇ ਸਰੋਤ ਰਾਤ 10 ਵਜੇ ਬੰਦ ਹੋਣੇ ਚਾਹੀਦੇ ਹਨ ਜਾਂ ਉਨ੍ਹਾਂ ਦੀ ਆਵਾਜ਼ ਘੱਟ ਹੋਣੀ ਚਾਹੀਦੀ ਹੈ।

ਰਾਤ 10 ਵਜੇ ਤੋਂ ਬਾਅਦ ਕਿਸੇ ਵੀ ਇਮਾਰਤ ਜਾਂ ਕੈਂਪਸ ਦੇ ਅੰਦਰ ਪੈਦਾ ਹੋਣ ਵਾਲੀ ਆਵਾਜ਼ ਉਸਦੀ ਚਾਰਦਿਵਾਰੀ ਤੋਂ ਬਾਹਰ ਸੁਣਾਈ ਨਹੀਂ ਦੇਣੀ ਚਾਹੀਦੀ। ਮਿਊਜ਼ਿਕ ਸਿਸਟਮ ਵਾਲੇ ਵਾਹਨਾਂ ਦੇ ਮਾਮਲੇ ਵਿੱਚ, ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਮਿਊਜ਼ਿਕ ਸਿਸਟਮ ਰਾਹੀਂ ਪੈਦਾ ਹੋਣ ਵਾਲੀ ਆਵਾਜ਼ ਦਿਨ ਦੇ ਕਿਸੇ ਵੀ ਸਮੇਂ ਵਾਹਨ ਦੇ ਬਾਹਰ ਸੁਣਾਈ ਨਾ ਦੇਵੇ। ਇਹ ਹੁਕਮ 07-01-2026 ਤੱਕ ਲਾਗੂ ਰਹੇਗਾ।
ਪੁਲਿਸ ਕਮਿਸ਼ਨਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਅਤੇ ਆਰਮਜ਼ ਰੂਲਜ਼ 2016 ਦੇ ਰੂਲ ਨੰਬਰ 32 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਦੇ ਇਲਾਕੇ ਵਿੱਚ ਕਿਸੇ ਵੀ ਵਿਅਕਤੀ ਵਲੋਂ ਜਨਤਕ ਅਤੇ ਧਾਰਮਿਕ ਥਾਵਾਂ, ਵਿਆਹਾਂ-ਸ਼ਾਦੀਆਂ/ਪਾਰਟੀਆਂ ਦੇ ਮੌਕੇ ’ਤੇ ਮੈਰਿਜ ਪੈਲਸਾਂ/ਹੋਟਲਾਂ/ਹਾਲਾਂ ਆਦਿ ਵਿੱਚ ਅਤੇ ਹੋਰ ਇਕੱਠ ਵਾਲੀਆਂ ਥਾਵਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਅਤੇ ਹਿੰਸਾ/ਲੜਾਈਆਂ-ਝਗੜਿਆਂ ਦੀ ਵਡਿਆਈ ਕਰਨ ਵਾਲੇ ਗੀਤਾਂ ਅਤੇ ਹਥਿਆਰਾਂ ਨੂੰ ਲੈ ਕੇ ਫੋਟੋ ਆਦਿ ਖਿਚਵਾ ਕੇ ਜਾਂ ਵੀਡੀਓ ਕਲਿੱਪ ਆਦਿ ਬਣਾ ਕੇ ਸੋਸ਼ਲ ਮੀਡੀਆ ਜਿਵੇਂ ਫੇਸਬੁੱਕ, ਵਟਸਐਪ, ਸਨੈਪਚੈਟ ਅਤੇ ਇੰਸਟਰਾਗ੍ਰਾਮ ਆਦਿ ’ਤੇ ਅਪਲੋਡ ਨਹੀਂ ਕਰੇਗਾ, ਅਜਿਹਾ ਕਰਨ ’ਤੇ ਵੀ ਪੂਰਨ ਪਾਬੰਦੀ ਹੈ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਨਹੀਂ ਦੇਵੇਗਾ। ਇਹ ਹੁਕਮ 06.01.2026 ਤੱਕ ਲਾਗੂ ਰਹੇਗਾ।