ਭਾਰੀ ਬਾਰਿਸ਼ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵਲੋਂ ਹਾਈਵੇ ਦੇ ਪੁਲਾਂ ਦਾ ਨਿਰੀਖਣ, ਅਧਿਕਾਰੀਆਂ ਨੂੰ ਸ਼ਹਿਰ ਅਤੇ ਹਾਈਵੇ ’ਤੇ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਦੇ ਨਿਰਦੇਸ਼

ਸੰਭਾਵੀ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵੱਲੋਂ ਜ਼ਰੂਰੀ ਚੀਜ਼ਾਂ ਦੀ ਜਮ੍ਹਾਖੋਰੀ ਤੇ ਵੱਧ ਕੀਮਤ ਵਸੂਲਣ ਵਾਲਿਆਂ ਨੂੰ ਤਾੜਨਾ

रोजाना भास्कर, ਜਲੰਧਰ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਸਮੇਤ ਅੱਜ ਹਾਈਵੇਜ਼ ਦਾ ਨਿਰੀਖਣ ਕੀਤਾ ਗਿਆ।

 ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਲਗਾਤਾਰ ਬਾਰਿਸ਼ ਕਾਰਨ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਵਿੱਚ ਆ ਰਹੀਆਂ ਦਿੱਕਤਾਂ ਦਾ ਬਾਰੀਕੀ ਨਾਲ ਮੁਲਾਂਕਣ ਕੀਤਾ ਅਤੇ ਹਾਈਵੇ ਪੁਲਾਂ ਦੇ ਢਾਂਚਾਗਤ ਸਮੱਰਥਾ ਦੀ ਜਾਂਚ ਕੀਤੀ।

 ਅਧਿਕਾਰੀਆਂ ਨੇ ਮਾਨਸੂਨ ਸੀਜ਼ਨ ਦੌਰਾਨ ਸੁਚਾਰੂ ਆਵਾਜਾਈ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਵਚਬੱਧਤਾ ਦੁਹਰਾਈ।

ਡਿਪਟੀ ਕਮਿਸ਼ਨਰ ਨੇ ਭਰੋਸਾ ਦੁਆਇਆ ਕਿ ਯਾਤਰੀਆਂ ਦੀਆਂ ਮੁਸ਼ਕਲਾਂ ਦੂਰ ਕਰਨ ਅਤੇ ਸੜਕ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਜ਼ਰੂਰੀ ਕਦਮ ਉਠਾਏ ਜਾਣਗੇ।

  ਇਸੇ ਦੌਰਾਨ ਪੁਲਿਸ ਕਮਿਸ਼ਨਰ ਨੇ ਟ੍ਰੈਫਿਕ ਪੁਲਿਸ ਨੂੰ ਭਾਰੀ ਬਾਰਿਸ਼ ਦੇ ਮੱਦੇਨਜ਼ਰ ਸ਼ਹਿਰ ਵਿੱਚ ਆਵਾਜਾਈ ਸੁਚਾਰੂ ਢੰਗ ਨਾਲ ਜਾਰੀ ਰੱਖਣ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਵੱਖ-ਵੱਖ ਥਾਵਾਂ ‘ਤੇ ਪੁਲਿਸ ਕਰਮੀਆਂ ਦੀ ਤਾਇਨਾਤੀ ਦਾ ਨਿਰੀਖਣ ਕੀਤਾ ਅਤੇ ਨਿਰਵਿਘਨ ਆਵਾਜਾਈ ਬਣਾਈ ਰੱਖਣ ਲਈ ਕਿਹਾ।

ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਸਖ਼ਤ ਨਜ਼ਰ ਰੱਖਣ ਦੀਆਂ ਹਦਾਇਤਾਂ

ਜਲੰਧਰ, 2 ਸਤੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਦੇ ਮੱਦੇਜ਼ਨਰ ਮੰਗਲਵਾਰ ਨੂੰ ਜ਼ਿਲ੍ਹੇ ਦੇ ਦੁਕਾਨਦਾਰਾਂ ਨੂੰ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਅਤੇ ਵੱਧ ਕੀਮਤ ਵਸੂਲਣ ਵਾਲਿਆਂ ਨੂੰ ਤਾੜਨਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਦੁਕਾਨਦਾਰਾਂ ਵਲੋਂ ਹੜ੍ਹਾਂ ਦਾ ਹਵਾਲਾ ਦੇ ਕੇ ਕਰਿਆਨਾ, ਸਬਜ਼ੀਆਂ, ਫ਼ਲ ਅਤੇ ਹੋਰ ਜ਼ਰੂਰੀ ਚੀਜ਼ਾਂ ਵੱਧ ਕੀਮਤ ਉਤੇ ਵੇਚੀਆਂ ਜਾ ਰਹੀਆਂ ਹਨ।

ਡਿਪਟੀ ਕਮਿਸ਼ਨਰ ਨੇ ਸਪਸ਼ਟ ਕਿਹਾ ਕਿ ਅਜਿਹੀ ਲੁੱਟ-ਖਸੁੱਟ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਚਿਤਾਵਨੀ ਦਿੱਤੀ ਕਿ ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਜ਼ਰੂਰੀ ਚੀਜ਼ਾਂ ਦੀ ਵਾਜਿਬ ਰੇਟਾਂ ’ਤੇ ਸਮੇਂ ਸਿਰ ਉਪਲੱਬਧਤਾ ਯਕੀਨੀ ਬਣਾਉਣਾ ਸਮੂਹਿਕ ਜ਼ਿੰਮੇਵਾਰੀ ਹੈ।

ਡਾ. ਅਗਰਵਾਲ ਨੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਅਤੇ ਕੀਮਤਾਂ ਵਿੱਚ ਨਾਜਾਇਜ਼ ਵਾਧੇ ਨੂੰ ਰੋਕਣ ਲਈ ਨਿਯਮਿਤ ਤੌਰ ’ਤੇ ਬਜ਼ਾਰਾਂ ਵਿੱਚ ਨਿਰੀਖਣ ਕਰਨ ਦੀਆਂ ਹਦਾਇਤਾਂ ਕੀਤੀਆਂ।

ਉਨ੍ਹਾਂ ਦੁਕਾਨਾਂਦਾਰਾਂ ਨੂੰ ਅਪੀਲ ਕੀਤੀ ਕਿ ਇਸ ਔਖੀ ਘੜੀ ਵਿੱਚ ਆਪਣੀ ਨੈਤਿਕ ਜ਼ਿੰਮੇਵਾਰੀ ਨੂੰ ਪਛਾਣਦੇ ਹੋਏ ਵਾਜਿਬ ਰੇਟਾਂ ’ਤੇ ਹੀ ਚੀਜ਼ਾਂ ਵੇਚੀਆਂ ਜਾਣ। ਉਨ੍ਹਾਂ ਲੋਕਾਂ ਨੂੰ ਵੀ ਭਰੋਸਾ ਦੁਆਇਆ ਕਿ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਸਖ਼ਤੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ।